ਇਸ ਤਰੀਕ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਹੜਤਾਲ ਦਾ ਕੀਤਾ ਐਲਾਨ www.samacharpunjab.com
- Admin Default
- 08 Mar, 2024 01:39
ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਮੁਲਾਜ਼ਮ 13 ਮਾਰਚ ਨੂੰ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ ਕਰਨ ਜਾ ਰਹੇ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਦੇ ਇਹ ਮੁਲਾਜ਼ਮ ਕਾਫ਼ੀ ਸਮੇਂ ਤੋਂ ਸਰਕਾਰ ਖਿਲਾਫ਼ ਨਿੱਤਰੇ ਹਨ। ਯੂਨੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰਨ ਤੋਂ ਤੰਗ ਆ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਯੂਨੀਅਨ ਮੈਂਬਰ 13 ਮਾਰਚ ਨੂੰ ਮੁਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਵੀ ਕਰਨਗੇ।ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 11 ਮਾਰਚ ਨੂੰ ਸਾਰੇ ਟਰਾਂਸਪੋਰਟ ਡਿਪੂਆਂ ’ਤੇ ਗੇਟ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸਾਰੇ ਡਿਪੂਆਂ ’ਤੇ ਬੱਸਾਂ ਰੋਕੀਆਂ ਜਾਣਗੀਆਂ। ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਸਮੂਹ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵਾਰ-ਵਾਰ ਮੀਟਿੰਗਾਂ ਬੁਲਾ ਕੇ ਮੰਨੀਆਂ ਹੋਈਆਂ ਮੰਗਾਂ ਨੂੰ ਤੋੜ-ਮਰੋੜ ਕੇ ਲਾਗੂ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੁਝ ਅਧਿਕਾਰੀ ਟਰਾਂਸਪੋਰਟ ਮੰਤਰੀ, ਟਰਾਂਸਪੋਰਟ ਸਕੱਤਰ, ਐਮ.ਡੀ ਨਾਲ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ਵਿੱਚ ਲਏ ਫੈਸਲਿਆਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਅੱਤਲ ਕੀਤੇ ਠੇਕਾ ਮੁਲਾਜ਼ਮਾਂ ਨੂੰ ਆਊਟਸੋਰਸਿੰਗ ਠੇਕੇਦਾਰਾਂ ਕੋਲ ਭੇਜਿਆ ਜਾ ਰਿਹਾ ਹੈ ਅਤੇ ਹੁਣ ਉਨ੍ਹਾਂ ਨੂੰ ਠੇਕੇਦਾਰ ਤੋਂ ਛੁੱਟੀ ਅਤੇ ਆਰਾਮ ਕਰਨ ਦੀ ਇਜਾਜ਼ਤ ਵੀ ਲਈ ਜਾ ਰਹੀ ਹੈ।
#punjabroadways
#punjabnews
#samacharpunjab







